-28 ਤੋਂ 29 ਸਤੰਬਰ ਤੱਕ ਕਰਵਾਇਆ ਜਾਵੇਗਾ 'ਇਨਕਲਾਬ ਫੈਸਟੀਵਲ'
-ਡਿਪਟੀ ਕਮਿਸ਼ਨਰ ਨੇ ਇਨਕਲਾਬ ਫੈਸਟੀਵਲ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਨਵਾਂਸ਼ਹਿਰ, 17
ਸਤੰਬਰ ਜੀ ਚੰਨੀ ਪਠਲਾਵਾ
ਪੰਜਾਬ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਵਸ ਨੂੰ ਮੇਲੇ ਦੇ ਰੂਪ ਵਿਚ ਮਨਾਉਣ ਲਈ ਖਟਕੜ ਕਲਾਂ ਵਿਖੇ 28 ਤੋਂ 29 ਸਤੰਬਰ ਤੱਕ 'ਇਨਕਲਾਬ ਫੈਸਟੀਵਲ' ਕਰਵਾਇਆ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਇਸ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ।
ਅੱਜ ਐਸ.ਐਸ.ਪੀ ਡਾ. ਮਹਿਤਾਬ ਸਿੰਘ ਦੀ ਮੌਜੂਦਗੀ ਵਿਚ ਹੋਈ ਇਸ ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਇਨਕਲਾਬ ਫੈਸਟੀਵਲ ਦੌਰਾਨ ਦੋ ਦਿਨਾਂ ਦਾ ਸ਼ਾਨਦਾਰ ਪ੍ਰੋਗਰਾਮ ਕਰਵਾਇਆ ਜਾਵੇਗਾ। ਜਿਸ ਵਿਚ ਨਾਮਵਰ ਗਾਇਕਾਂ ਅਤੇ ਕਲਾਕਾਰਾਂ ਤੋਂ ਇਲਾਵਾ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਵੀ ਸੱਭਿਆਚਾਰਕ ਪ੍ਰੋਗਰਾਮ ਰਾਹੀਂ ਰੰਗ ਬੰਨ੍ਹਣਗੇ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸ਼ਹੀਦ ਭਗਤ ਸਿੰਘ ਨਾਲ ਸਬੰਧਿਤ ਨਾਟਕਾਂ ਦੀ ਪੇਸ਼ਕਾਰੀ ਹੋਵੇਗੀ ਅਤੇ ਵੱਖ-ਵੱਖ ਪ੍ਰਦਰਸ਼ਨੀਆਂ ਅਤੇ ਸਟਾਲ ਵੀ ਲਗਾਏ ਜਾਣਗੇ। ਉਹਨਾਂ ਨੇ ਦੱਸਿਆ ਕਿ ਇਸ ਮੌਕੇ ਖਾਣ-ਪੀਣ ਦੇ ਸਟਾਲ ਅਤੇ ਬੱਚਿਆਂ ਲਈ ਝੂਲੇ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ।
ਇਸ ਦੌਰਾਨ ਉਨ੍ਹਾਂ ਸੁਰੱਖਿਆ, ਪਾਰਕਿੰਗ, ਬੈਰੀਕੇਡਿੰਗ, ਆਰਜ਼ੀ ਵਾਸ਼ਰੂਮ, ਸਾਫ-ਸਫਾਈ, ਡਾਕਟਰੀ ਸਹਾਇਤਾ, ਸਜਾਵਟ, ਲਾਈਟਨਿੰਗ, ਚੌਕਾਂ ਦੀ ਸਜਾਵਟ, ਪੀਣ ਵਾਲੇ ਪਾਣੀ, ਨਿਰਵਿਘਨ ਬਿਜਲੀ ਸਪਲਾਈ, ਰਿਫਰੈਸ਼ਮੈਂਟ ਅਤੇ ਪ੍ਰਚਾਰ-ਪ੍ਰਸਾਰ ਆਦਿ ਸਬੰਧੀ ਲੋੜੀਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ 28 ਸਤੰਬਰ ਨੂੰ ਇਕ ਵਿਸ਼ਾਲ ਸਾਈਕਲ ਰੈਲੀ ਹੋਵੇਗੀ ਜਦਕਿ 29 ਸਤੰਬਰ ਨੂੰ ਮੈਰਾਥਨ ਦਾ ਆਯੋਜਨ ਕੀਤਾ ਜਾਵੇਗਾ।
ਉਨ੍ਹਾਂ ਅਧਿਕਾਰੀਆਂ ਨੂੰ ਆਪਣੀਆਂ ਡਿਊਟੀਆਂ ਮਿਹਨਤ, ਤਨਦੇਹੀ ਅਤੇ ਸੇਵਾ ਭਾਵਨਾ ਨਾਲ ਨਿਭਾਉਣ ਦੀ ਤਾਕੀਦ ਕੀਤੀ ਤਾਂ ਜੋ ਇਸ ਸਮਾਗਮ ਨੂੰ ਵਧੀਆ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸਾਗਰ ਸੇਤੀਆ, ਐਸ.ਡੀ.ਐਮ ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਐਸ.ਡੀ.ਐਮ ਬੰਗਾ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ ਬਲਾਚੌਰ ਰਵਿੰਦਰ ਬਾਂਸਲ, ਗੁੱਡ ਗਵਰਨੈਸ ਫੈਲੋ ਅਸਮਿਤਾ ਪਰਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।