ਨਵਾਂਸ਼ਹਿਰ, 24 ਸਤੰਬਰ (ਜਤਿੰਦਰਪਾਲ ਸਿੰਘ ਕਲੇਰ ) 2012 ਬੈਚ ਦੇ ਪੀ.ਸੀ.ਐਸ ਅਫ਼ਸਰ ਅਵਨੀਤ ਕੌਰ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਸ਼ਹੀਦ ਭਗਤ ਸਿੰਘ ਨਗਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਜ਼ਿਲ੍ਹਾ ਫਾਜ਼ਿਲਕਾ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਇਸ ਤੋਂ ਇਲਾਵਾ ਉਹ ਪੰਜਾਬ ਸਰਕਾਰ ਦੇ ਵੱਖ-ਵੱਖ ਪ੍ਰਸ਼ਾਸਨਿਕ ਅਹੁਦਿਆਂ 'ਤੇ ਬਿਹਤਰੀਨ ਸੇਵਾਵਾਂ ਨਿਭਾਅ ਚੁੱਕੇ ਹਨ। ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਸ਼ਹੀਦ ਭਗਤ ਸਿੰਘ ਨਾਲ ਜੁੜੀ ਇਸ ਧਰਤੀ 'ਤੇ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਦਿਹਾਤੀ ਖੇਤਰ ਦੇ ਸਰਬਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਅੰਦਰ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਸਮਾਂਬੱਧ ਤਰੀਕੇ ਨਾਲ ਨੇਪਰੇ ਚੜ੍ਹਵਾਉਣਾ ਅਤੇ ਪਿੰਡਾਂ ਦੇ ਲੋਕਾਂ ਨੂੰ ਬਿਹਤਰ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਤਰਜੀਹ ਰਹੇਗੀ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਫ਼ਤਰ ਦੇ ਸਟਾਫ਼ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।