ਨਵੀਂ ਦਿੱਲੀ, 31 ਜਨਵਰੀ
ਬਜਟ ਸੈਸ਼ਨ ਦੀ ਸ਼ੁਰੂਆਤ ਦਾ ਸੰਕੇਤ ਦਿੰਦੇ ਹੋਏ ਰਾਸ਼ਟਰਪਤੀ ਮੁਰਮੂ ਨੇ ਕਿਹਾ ਕਿ ਸਰਕਾਰ ਨੇ ਨੌਜਵਾਨਾਂ ਦੀ ਸਿੱਖਿਆ ’ਤੇ ਵਿਸ਼ੇਸ਼ ਧਿਆਨ ਦਿੱਤਾ ਹੈ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰ ਰਹੇ ਹਨ। ਆਪਣੇ ਸੰਬੋਧਨ ਸ਼ੁਰੂ ਕਰਨ ਤੋਂ ਪਹਿਲਾਂ ਮੁਰਮੂ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਮਹਾਕੁੰਭ ਵਿੱਚ ਭਗਦੜ ਵਿੱਚ ਮਰਨ ਵਾਲਿਆਂ ਨੂੰ ਸ਼ਰਧਾਂਜਲੀ ਵੀ ਦਿੱਤੀ।
ਰਾਸ਼ਟਰਪਤੀ ਨੇ ਕਿਹਾ ਕਿ ਸਰਕਾਰ ਨੇ ਨੀਤੀ ਰੋਕਾਂ ਨੂੰ ਖਤਮ ਕਰਨ ਲਈ ਦ੍ਰਿੜਤਾ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ, ‘‘ਮੇਰੀ ਸਰਕਾਰ ਨੇ ਨਾ ਸਿਰਫ਼ ਮੱਧ ਵਰਗ ਦੇ ਯੋਗਦਾਨ ਨੂੰ ਮਾਨਤਾ ਦਿੱਤੀ ਹੈ, ਸਗੋਂ ਹਰ ਮੌਕੇ ’ਤੇ ਇਸ ਦੀ ਸ਼ਲਾਘਾ ਵੀ ਕੀਤੀ ਹੈ। ਸਰਕਾਰ ਖੇਤੀ ਉਪਜ ਲਈ ਢੁਕਵੇਂ ਰੇਟ ਦੇਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵੀ ਕੰਮ ਕਰ ਰਹੀ ਹੈ।
ਮੁਰਮੂ ਨੇ ਕਿਹਾ ਕਿ ਸਰਕਾਰ ਨੇ 3 ਕਰੋੜ ਵਾਧੂ ਪਰਿਵਾਰਾਂ ਨੂੰ ਨਵੇਂ ਘਰ ਮੁਹੱਈਆ ਕਰਵਾਉਣ ਲਈ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਵਿਸਥਾਰ ਕਰਨ ਦਾ ਫੈਸਲਾ ਕੀਤਾ ਹੈ। “ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ ਸਰਕਾਰ ਨੇ 70 ਸਾਲ ਜਾਂ ਇਸ ਤੋਂ ਵੱਧ ਉਮਰ ਦੇ 6 ਕਰੋੜ ਨਾਗਰਿਕਾਂ ਨੂੰ ਸਿਹਤ ਬੀਮਾ ਪ੍ਰਦਾਨ ਕਰਨ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਉਨ੍ਹਾ ਸਰਕਾਰ ਦੀਆਂ ਹੋਰ ਉਪਲਬਧੀਆਂ ’ਤੇ ਚਾਨਣਾ ਪਾਇਆ। ਪੀਟੀਆਈ