ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ਨਿਚਵਾਰ ਨੂੰ ਦਾਅਵਾ ਕੀਤਾ ਕਿ ਅਮਰੀਕਾ ਦੀ ਵਿਚੋਲਗੀ ਨਾਲ ਹੋਈ ਗੱਲਬਾਤ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ “ਪੂਰੀ ਅਤੇ ਤੁਰੰਤ” ਜੰਗਬੰਦੀ ਲਈ ਸਹਿਮਤ ਹੋ ਗਏ ਹਨ। ਅਮਰੀਕਾ ਦੀ ਵਿਚੋਲਗੀ ਨਾਲ ਹੋਈ ਜੰਗਬੰਦੀ ਭਾਰਤ ਅਤੇ ਪਾਕਿਸਤਾਨ ਦੀਆਂ ਫੌਜਾਂ ਵੱਲੋਂ ਇਕ ਦੂਜੇ ਦੇ ਫੌਜੀ ਟਿਕਾਣਿਆਂ ‘ਤੇ ਹਮਲਾ ਕਰਨ ਤੋਂ ਕੁਝ ਘੰਟੇ ਬਾਅਦ ਹੋਈ। ਅਮਰੀਕੀ ਰਾਸ਼ਟਰਪਤੀ ਨੇ ਟਰੂਥ ਸੋਸ਼ਲ ’ਤੇ ਇਕ ਪੋਸਟ ਵਿਚ ਐਲਾਨ ਕੀਤਾ, “ਅਮਰੀਕਾ ਦੀ ਵਿਚੋਲਗੀ ਨਾਲ ਹੋਈ ਰਾਤ ਭਰ ਦੀ ਗੱਲਬਾਤ ਤੋਂ ਬਾਅਦ ਮੈਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਭਾਰਤ ਅਤੇ ਪਾਕਿਸਤਾਨ ਪੂਰੀ ਅਤੇ ਤੁਰੰਤ ਜੰਗਬੰਦੀ ਲਈ ਸਹਿਮਤ ਹੋ ਗਏ ਹਨ।’’ ਟਰੰਪ ਨੇ ਅੱਗੇ ਕਿਹਾ, ‘‘ਕਿ ਯੋਗ ਸਮਝ ਅਤੇ ਮਹਾਨ ਬੁੱਧੀ ਦੀ ਵਰਤੋਂ ਕਰਨ ’ਤੇ ਦੋਵਾਂ ਦੇਸ਼ਾਂ ਨੂੰ ਵਧਾਈਆਂ। ਇਸ ਮਾਮਲੇ ਵੱਲ ਧਿਆਨ ਦੇਣ ਲਈ ਤੁਹਾਡਾ ਧੰਨਵਾਦ।’’
ਟਰੰਪ ਵੱਲੋਂ ਇਹ ਐਲਾਨ ਅਮਰੀਕੀ ਵਿਦੇਸ਼ ਮੰਤਰੀ ਮਾਰਕ ਰੂਬੀਓ ਵੱਲੋਂ ਵਿਦੇਸ਼ ਮੰਤਰੀ ਐੱਸ ਜੈਸ਼ੰਕਰ, ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸਹਾਕ ਡਾਰ ਅਤੇ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਅਸੀਮ ਮੁਨੀਰ ਨਾਲ ਗੱਲ ਕਰਨ ਤੋਂ ਬਾਅਦ ਆਇਆ। ਰੂਬੀਓ ਨੇ ਵੀ ‘ਐਕਸ’ ’ਤੇ ਇਸੇ ਤਰ੍ਹਾਂ ਦਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਸੀ ਕਿ, ‘‘ਪਿਛਲੇ 48 ਘੰਟਿਆਂ ਦੌਰਾਨ ਵੈਂਸ ਅਤੇ ਮੈਂ ਸੀਨੀਅਰ ਭਾਰਤੀ ਅਤੇ ਪਾਕਿਸਤਾਨੀ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ, ਜਿਨ੍ਹਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼ਾਹਬਾਜ਼ ਸ਼ਰੀਫ, ਵਿਦੇਸ਼ ਮੰਤਰੀ ਸੁਬ੍ਰਾਹਮਣੀਅਮ ਜੈਸ਼ੰਕਰ, ਫੌਜ ਮੁਖੀ ਅਸੀਮ ਮੁਨੀਰ, ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਅਸੀਮ ਮਲਿਕ ਸ਼ਾਮਲ ਹਨ।’’ ਉਸਨੇ ਕਿਹਾ ਕਿ ਉਸਨੂੰ “ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਤੁਰੰਤ ਜੰਗਬੰਦੀ ਲਈ ਸਹਿਮਤ ਹੋ ਗਈਆਂ ਹਨ ਅਤੇ ਇਕ ਨਿਰਪੱਖ ਸਥਾਨ ’ਤੇ ਮੁੱਦਿਆਂ ਦੇ ਇਕ ਵਿਸ਼ਾਲ ਸਮੂਹ ’ਤੇ ਗੱਲਬਾਤ ਸ਼ੁਰੂ ਕਰਨ ਲਈ ਸਹਿਮਤ ਹੋ ਗਈਆਂ ਹਨ”।
ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਐਲਾਨ ਕੀਤਾ ਹੈ ਕਿ ਭਾਰਤ ਅਤੇ ਪਾਕਿਸਤਾਨ ਦੇ ਡਾਇਰੈਕਟਰ ਜਨਰਲ ਆਫ਼ ਮਿਲਟਰੀ ਆਪਰੇਸ਼ਨਜ਼ (ਡੀਜੀਐੱਮਓ) ਸ਼ਨਿਚਰਵਾਰ ਸ਼ਾਮ 5 ਵਜੇ ਤੋਂ ਜ਼ਮੀਨ, ਹਵਾ ਅਤੇ ਸਮੁੰਦਰ ’ਤੇ ਸਾਰੀਆਂ ਗੋਲੀਬਾਰੀ ਅਤੇ ਫੌਜੀ ਕਾਰਵਾਈਆਂ ਨੂੰ ਰੋਕਣ ਲਈ ਸਹਿਮਤ ਹੋਏ ਹਨ। ਵਿਦੇਸ਼ ਸਕੱਤਰ ਵੱਲੋਂ ਇਹ ਸੰਖੇਪ ਐਲਾਨ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਬਿਆਨ ਤੋਂ ਥੋੜ੍ਹੀ ਦੇਰ ਬਾਅਦ ਆਇਆ।
ਮਿਸਰੀ ਨੇ ਕਿਹਾ ਕਿ ਪਾਕਿਸਤਾਨ ਦੇ ਡੀਜੀਐੱਮਓ ਨੇ ਅੱਜ ਦੁਪਹਿਰ 3.35 ਵਜੇ ਭਾਰਤ ਦੇ ਡੀਜੀਐਮਓ ਨੂੰ ਫੋਨ ਕੀਤਾ। ਉਨ੍ਹਾਂ ਕਿਹਾ, ‘‘ਦੋਹਾਂ ਵਿਚਕਾਰ ਇਹ ਸਹਿਮਤੀ ਬਣੀ ਕਿ ਦੋਵੇਂ ਧਿਰਾਂ ਸ਼ਨਿਚਰਵਾਰ ਨੂੰ ਭਾਰਤੀ ਸਮੇਂ ਅਨੁਸਾਰ 5 ਵਜੇ ਤੋਂ ਜ਼ਮੀਨ, ਹਵਾ ਅਤੇ ਸਮੁੰਦਰ ਵਿੱਚ ਸਾਰੀਆਂ ਗੋਲੀਬਾਰੀ ਅਤੇ ਫੌਜੀ ਕਾਰਵਾਈਆਂ ਨੂੰ ਬੰਦ ਕਰ ਦੇਣਗੀਆਂ।” ਉਨ੍ਹਾਂ ਅੱਗੇ ਕਿਹਾ, ‘‘ਇਸ ਸਮਝੌਤੇ ਨੂੰ ਲਾਗੂ ਕਰਨ ਲਈ ਦੋਵਾਂ ਪਾਸਿਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਡੀਜੀਐਮਓ 12 ਮਈ ਨੂੰ ਦੁਪਹਿਰ 12 ਵਜੇ ਦੁਬਾਰਾ ਗੱਲਬਾਤ ਕਰਨਗੇ।’’