ਸ਼੍ਰੋਮਣੀ ਅਕਾਲੀ ਦਲ (SHROMNI AKALI DAL) ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਜਿਨ੍ਹਾਂ ਨੂੰ ਵਿਜੀਲੈਂਸ ਬਿਊਰੋ ਨੇ ਡਰੱਗ ਮਨੀ ਨਾਲ ਜੁੜੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ, ਨੂੰ ਅੱਜ ਮੋਹਾਲੀ ਅਦਾਲਤ (mohali court) ਵਿੱਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ, ਬੁੱਧਵਾਰ ਰਾਤ ਨੂੰ, ਮਜੀਠੀਆ ਦੇ ਵਕੀਲਾਂ ਨੇ ਅਦਾਲਤ ਤੋਂ ਇਜਾਜ਼ਤ ਮਿਲਣ ਤੋਂ ਬਾਅਦ ਇੱਕ ਘੰਟੇ ਲਈ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ, ਵਿਜੀਲੈਂਸ ਇਸ ਮਾਮਲੇ ਦੀ ਹਰ ਪੱਧਰ ‘ਤੇ ਜਾਂਚ ਕਰ ਰਹੀ ਹੈ। ਇਸ ਮਾਮਲੇ ਨੇ ਹੁਣ ਰਾਜਨੀਤਿਕ ਰੰਗ ਲੈ ਲਿਆ ਹੈ। ਸਾਰੀਆਂ ਰਾਜਨੀਤਿਕ ਪਾਰਟੀਆਂ ਇਸ ਕਾਰਵਾਈ ਨੂੰ ਗਲਤ ਦੱਸ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਵਿਰੋਧੀ ਧਿਰ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਹਿਰਾਸਤ ਵਿਚ ਲੈਣ ਮਗਰੋਂ ਇੱਥੇ ਵਿਜੀਲੈਂਸ ਬਿਊਰੋ ਦੇ ਫੇਜ਼-8 ਵਿਚਲੇ ਮੁੱਖ ਦਫ਼ਤਰ ਵਿਖੇ ਲਿਆਂਦਾ ਗਿਆ ਸੀ। ਪੁੱਛ-ਗਿੱਛ ਕੀਤੇ ਜਾਣ ਤੋਂ ਬਾਅਦ ਅੱਜ ਮਜੀਠੀਆ ਨੂੰ ਮੁਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਜਾਣਾ ਹੈ। ਡੀਆਈਜੀ ਰੂਪਨਗਰ ਰੇਂਜ ਹਰਚਰਨ ਸਿੰਘ ਭੁੱਲਰ ਅਤੇ ਮੁਹਾਲੀ ਦੇ ਐੱਸਐੱਸਪੀ ਹਰਮਨਜੀਤ ਸਿੰਘ ਹਾਂਸ ਖੁਦ ਕਰ ਰਹੇ ਨੇ ਸੁਰੱਖਿਆ ਪ੍ਰਬੰਧਾਂ ਦੀ ਅਗਵਾਈ ਕਰ ਰਹੇ ਹਨ। ਮੁਹਾਲੀ ਅਦਾਲਤ ਦੇ ਦੋਹਾਂ ਗੇਟਾ ਦੀ ਬੈਰੀਕੇਟਿੰਗ ਕੀਤੀ ਗਈ ਹੈ। ਇਸ ਦੌਰਾਨ ਮੀਡੀਆ ਨੂੰ ਵੀ ਅਦਾਲਤੀ ਕੰਪਲੈਕਸ ਦੇ ਅੰਦਰ ਜਾਣ ਦੀ ਇਜਾਜ਼ਤ ਨਹੀ ਹੈ ਅਤੇ ਕਰਮਚਾਰੀਆਂ ਦੇ ਵੀ ਆਈਡੀ ਕਾਰਡ ਵੇਖ ਕੇ ਹੀ ਕੰਪਲੈਕਸ ਅੰਦਰ ਜਾਣ ਦਿੱਤਾ ਜਾ ਰਿਹਾ ਹੈ।
ਉਧਰ ਬਿਕਰਮ ਮਜੀਠੀਆ ਦੇ ਵਕੀਲ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਅਤੇ ਵਕੀਲਾਂ ਦੀ ਟੀਮ ਅਦਾਲਤ ’ਚ ਪਹੁੰਚੀ ਹੈ। ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਵੱਖ ਵੱਖ ਥਾਵਾਂ ਤੋਂ ਅਕਾਲੀ ਵਰਕਰ ਪਹੁੰਚ ਮੌਕੇ ’ਤੇ ਪਹੁੰਚਣ ਲੱਗੇ ਹਨ।
ਉਧਰ ਜਿਵੇਂ ਹੀ ਮੁਹਾਲੀ ਅਦਾਲਤ ਦੇ ਬਾਹਰ ਵੱਡੀ ਗਿਣਤੀ ਅਕਾਲੀ ਵਰਕਰ ਇਕੱਠੇ ਹੋਣ ਲੱਗੇ ਤਾਂ ਪੁਲੀਸ ਨੇ ਉੱਥੇ ਮੌਜੂਦ ਕਰੀਬ ਦੋ ਦਰਜਨ ਤੋਂ ਵੱਧ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਬੱਸਾਂ ਵਿਚ ਬਿਠਾ ਕੇ ਲਿਜਾਇਆ ਗਿਆ ਹੈ। ਇਸ ਦੌਰਾਨ ਹਿਰਾਸਤ ਵਿਚ ਲਏ ਗਏ ਆਗੂਆਂ ਵਿਚ ਪਰਵਿੰਦਰ ਸਿੰਘ ਸੋਹਾਣਾ ਅਤੇ ਹੋਰ ਸੀਨੀਅਰ ਆਗੂਆਂ ਮੌਜੂਦ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਦੇ ਏਆਈਜੀ ਸਵਰਨਦੀਪ ਸਿੰਘ ਦੇ ਬਿਆਨਾਂ ਉੱਤੇ ਵਿਜੀਲੈਂਸ ਬਿਊਰੋ ਦੇ ਮੁਹਾਲੀ ਸਥਿਤ ਮੁੱਖ ਦਫ਼ਤਰ ’ਚ ਐੱਫਆਈਆਰ ਨੰਬਰ 22 ਤਹਿਤ 25 ਜੂਨ ਨੂੰ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਪੀਬੀਐਕਟ 1988 ਅਤੇ ਅਮੈਂਡਮੈਂਟ ਐਕਟ 2018 ਦੇ ਸੈਕਸ਼ਨ 13(1) ਬੀ, ਰ/ਵ 13(2) ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ।