ਬਰਨਾਲਾ, 27 ਜੂਨ (ਧਰਮਪਾਲ ਸਿੰਘ, ਬਲਜੀਤ ਕੌਰ): ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਅਗਵਾਈ ਹੇਠ ਕਾਮਰੇਡ ਗੁਰਮੇਲ ਸਿੰਘ ਪੱਖੋ ਕਲਾਂ ਅਤੇ ਕੌਰ ਸਿੰਘ ਕਲਾਲਮਾਜਰਾ ਦੀ ਪ੍ਰਧਾਨਗੀ ਹੇਠ ਧਰਨਾ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਧਰਨਾ ਲਾਇਆ ਗਿਆ। ਧਰਨੇ ਦੀ ਸ਼ੁਰੂਆਤ ਅਜਮੇਰ ਸਿੰਘ ਅਕਲੀਆ ਦੇ ਇਨਕਲਾਬੀ ਗੀਤ ਨਾਲ ਕੀਤੀ ਗਈ। ਮਜ਼ਦੂਰਾਂ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਨੇਕਾਂ ਪਿੰਡਾਂ ਵਿੱਚੋਂ ਸੈਂਕੜੇ ਔਰਤਾਂ ਅਤੇ ਮਰਦਾਂ ਵੱਲੋਂ ਹਿੱਸਾ ਲਿਆ ਅਤੇ ਮਜ਼ਦੂਰਾਂ ਨੇ ਭਗਵੰਤ ਮਾਨ ਦੀ ਸਰਕਾਰ ਦੇ ਖ਼ਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ। ਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਖੁਸ਼ੀਆ ਸਿੰਘ, ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੇ ਸੂਬਾਈ ਆਗੂ ਕਾਮਰੇਡ ਲਾਭ ਸਿੰਘ ਅਕਲੀਆ ਅਤੇ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਭੋਲ਼ਾ ਸਿੰਘ ਕਲਾਲਮਾਜਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਨਰੇਗਾ ਮਜ਼ਦੂਰਾਂ ਵੱਲੋਂ ਪਿਛਲੇ ਚਾਰ ਮਹੀਨਿਆਂ ਤੋਂ ਜੋ ਕੰਮ ਕੀਤਾ ਗਿਆ ਸੀ, ਅਜੇ ਤੱਕ ਮਜ਼ਦੂਰਾਂ ਦੇ ਖਾਤਿਆਂ ਵਿੱਚ ਪੈਸੇ ਨਹੀਂ ਪਏ। ਆਗੂਆਂ ਨੇ ਕਿਹਾ ਕਿ ਲਗਾਤਾਰ ਗ਼ਰੀਬੀ, ਮਹਿੰਗਾਈ ਅਤੇ ਬੇਰੁਜ਼ਗਾਰੀ ਛੜੱਪੇ ਮਾਰਕੇ ਵਧ ਰਹੀ ਹੈ, ਮਜ਼ਦੂਰਾਂ ਦਾ ਚੁੱਲ੍ਹਾ ਚਲਾਉਣਾ ਔਖਾ ਹੋ ਗਿਆ ਹੈ। ਮਨਰੇਗਾ ਦੇ ਕੰਮ ਵਿੱਚ ਪਿੰਡਾਂ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਦੀ ਸਿਆਸੀ ਦਖ਼ਲ ਅੰਦਾਜ਼ੀ ਵਧ ਗਈ ਹੈ। ਬਿਨ੍ਹਾਂ ਕਿਸੇ ਦੋਸ਼ ਤੋਂ ਪੜ੍ਹੀਆਂ ਲਿਖੀਆਂ ਮੇਟ ਕੁੜੀਆਂ ਨੂੰ ਹਟਾਇਆ ਜਾ ਰਿਹਾ ਹੈ ਅਤੇ ਪੰਚਾਂ/ ਸਰਪੰਚਾਂ ਦੇ ਰਿਸ਼ਤੇਦਾਰਾਂ ਨੂੰ ਮੇਟ ਲਾਇਆ ਜਾ ਰਿਹਾ ਹੈ। ਆਗੂਆਂ ਨੇ ਇਹ ਵੀ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਲਿੰਕ ਸੜਕਾਂ, ਕੱਚੇ ਰਸਤਿਆਂ ਅਤੇ ਨਹਿਰੀ ਖਾਲਾਂ ਦਾ ਕੰਮ ਬੰਦ ਕਰਨ ਦੇ ਜਵਾਨੀ ਹੁਕਮ ਦਿੱਤੇ ਜਾ ਰਹੇ ਹਨ, ਇਸ ਨਾਲ ਮਜ਼ਦੂਰਾਂ ਨੂੰ ਕਿਧਰੇ 100 ਦਿਨ ਦਾ ਕੰਮ ਨਹੀਂ ਮਿਲੇਗਾ। ਜਿਨ੍ਹਾਂ ਪੰਚਾਇਤਾਂ ਵੱਲੋਂ ਜੋ ਕੰਮ ਦੇ ਮਤੇ ਪਾਏ ਗਏ ਹਨ, ਉਸਨੂੰ ਅਧਿਕਾਰੀ ਪਾਸ਼ ਨਹੀਂ ਕਰ ਰਹੇ। ਆਗੂਆਂ ਨੇ ਮਨਰੇਗਾ ਸੈਕਟਰੀਆਂ ਦੇ ਸੰਘਰਸ਼ ਦੀ ਵੀ ਹਮਾਇਤ ਕੀਤੀ, ਉਹਨਾਂ ਨੂੰ ਵੀ ਪਿਛਲੇ ਚਾਰ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ। ਆਗੂਆਂ ਨੇ ਮੰਗ ਕੀਤੀ ਹੈ ਕਿ ਮਜ਼ਦੂਰਾਂ ਨੂੰ ਕੀਤੇ ਕੰਮ ਦਾ ਤੁਰੰਤ ਭੁਗਤਾਨ ਕੀਤਾ ਜਾਵੇ। ਮਨਰੇਗਾ ਸੈਕਟਰੀਆਂ ਦੀ ਤਨਖ਼ਾਹ ਤੁਰੰਤ ਜਾਰੀ ਕੀਤੀ ਜਾਵੇ। ਮਜ਼ਦੂਰਾਂ ਨੂੰ 700 ਰੁਪਏ ਦਿਹਾੜੀ ਅਤੇ ਸਾਰਾ ਸਾਲ ਕੰਮ ਦਿੱਤਾ ਜਾਵੇ। ਮਨਰੇਗਾ ਮਜ਼ਦੂਰਾਂ ਨੂੰ ਲੋੜੀਂਦੇ ਸੰਦ ਦਿੱਤੇ ਜਾਣ। ਸਿਆਸੀ ਦਖ਼ਲ ਅੰਦਾਜ਼ੀ ਬੰਦ ਕਰਕੇ ਮਨਰੇਗਾ ਦੇ ਕੰਮ ਨੂੰ ਪਾਰਦਰਸ਼ੀ ਬਣਾਇਆ ਜਾਵੇ। ਜਥੇਬੰਦੀਆਂ ਦੇ ਆਗੂਆਂ ਵੱਲੋਂ ਅਮਰੀਕੀ ਸਾਮਰਾਜਵਾਦ ਅਤੇ ਫਾਸ਼ੀਵਾਦੀ ਇਜ਼ਰਾਈਲੀ ਗੱਠਜੋੜ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ, ਇਹਨਾਂ ਵੱਲੋਂ ਫ਼ਲਸਤੀਨੀ ਅਤੇ ਇਰਾਨ ਉੱਤੇ ਹਮਲਾ ਕਰਕੇ ਨਿਰਦੋਸ਼ ਲੋਕਾਂ ਦਾ ਕਤਲੇਆਮ ਕੀਤਾ ਜਾ ਰਿਹਾ ਹੈ। ਆਗੂਆਂ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮੰਗ ਪੱਤਰ ਸੌਂਪਿਆ ਗਿਆ। ਅੱਜ ਦੇ ਧਰਨੇ ਨੂੰ ਹੋਰਨਾਂ ਤੋਂ ਇਲਾਵਾ ਸਮਾਜ ਸੇਵੀ ਭਾਨ ਸਿੰਘ ਜੱਸੀ, ਕਾਮਰੇਡ ਨਛੱਤਰ ਸਿੰਘ ਰਾਮਨਗਰ, ਕੌਰ ਸਿੰਘ ਕਲਾਲਮਾਜਰਾ, ਸੁਖਦੇਵ ਸਿੰਘ ਸ਼ਹਿਣਾ, ਗੁਰਮੀਤ ਕੌਰ ਗੁਮਟੀ, ਸੁਖਵੀਰ ਸਿੰਘ ਢਿਲਵਾਂ ਆਦਿ ਆਗੂਆਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ । ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਕਾਮਰੇਡ ਜਗਰਾਜ ਸਿੰਘ ਰਾਮਾ ਨੇ ਨਿਭਾਈ।