ਆਮ ਆਦਮੀ ਪਾਰਟੀ ਨੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੂੰ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਹੈ। ਉਹ ਅੰਮ੍ਰਿਤਸਰ ਉੱਤਰੀ ਤੋਂ ਮੌਜੂਦਾ ਵਿਧਾਇਕ ਹਨ। ਉਨ੍ਹਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਬਾਹਰ ਦਾ ਰਾਹ ਦਿਖਾਇਆ ਗਿਆ ਹੈ। ਉਨ੍ਹਾਂ ਨੂੰ 5 ਸਾਲ ਲਈ ਪਾਰਟੀ ‘ਚੋਂ ਬਾਹਰ ਕੱਢਿਆ ਗਿਆ ਹੈ। ਪਿਛਲੇ ਲੰਬੇ ਸਮੇਂ ਤੋਂ ਉਹ ਪਾਰਟੀ ਖਿਲਾਫ਼ ਬਿਆਨ ਦਿੰਦੇ ਨਜ਼ਰ ਆ ਰਹੇ ਸਨ, ਜਿਸ ਦੇ ਚੱਲਦਿਆਂ ਹੁਣ ਪਾਰਟੀ ਨੇ ਇਹ ਫੈਸਲਾ ਲਿਆ ਹੈ।
ਦੱਸ ਦੇਈਏ ਕਿ ਹਾਲ ਹੀ ‘ਚ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠਿਆ ਖਿਲਾਫ਼ ਕਾਰਵਾਈ ‘ਤੇ ਵੀ ਸਵਾਲ ਚੁੱਕੇ ਸਨ। ਉਨ੍ਹਾਂ ਨੇ ਕਿਹਾ ਸੀ ਕਿ ਜਦੋਂ ਮਜੀਠਿਆ ਜੇਲ੍ਹ ‘ਚ ਸਨ ਤਾਂ ਭਗਵੰਤ ਮਾਨ ਸਰਕਾਰ ਨੇ ਜਾਂਚ ਨਹੀਂ ਕੀਤੀ ਤੇ ਜ਼ਮਾਨਤ ਕਰਵਾ ਦਿੱਤੀ। ਉਸ ਸਮੇਂ ਸਰਕਾਰ ਨਹੀਂ ਕੋਈ ਰਿਮਾਂਡ ਨਹੀਂ ਲਿਆ। ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਤੜਕੇ ਕਿਸੇ ਦੇ ਘਰ ਰੇਡ ਕਰਨਾ ਨੀਤੀ ਦੇ ਵਿਰੁੱਧ ਹੈ।
ਕੁੰਵਰ ਵਿਜੇ ਪ੍ਰਤਾਪ ਸਿੰਘ ਗੋਪਾਲਗੰਜ ਦੇ ਸਿੱਧਵਾਲੀਆ ਬਲਾਕ ਦੇ ਪਿੰਡ ਕਾਰਸਘਾਟ ਦੇ ਰਹਿਣ ਵਾਲੇ ਹਨ। ਉਹ ਪੰਜਾਬ ਵਿੱਚ ਆਈਜੀ ਦੇ ਅਹੁਦੇ ਤੋਂ ਵੀਆਰਐਸ ਲੈ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਪ੍ਰੇਰਿਤ ਹੋ ਕੇ ਉਹ ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਸੀਟ ਤੋਂ ਚੋਣ ਮੈਦਾਨ ਵਿੱਚ ਉਤਰੇ ਅਤੇ ਜਿੱਤ ਦਰਜ ਕੀਤੀ।
ਕੁੰਵਰ ਵਿਜੇ ਪ੍ਰਤਾਪ ਸਿੰਘ ਬੇਅਦਬੀ ਮਾਮਲੇ ਵਿੱਚ ਐਸਆਈਟੀ ਅਧਿਕਾਰੀ ਸਨ। ਫਿਰ ਉਨ੍ਹਾਂ ਨੇ ਰਿਪੋਰਟ ਬਣਾ ਕੇ ਸਰਕਾਰ ਨੂੰ ਕਾਰਵਾਈ ਲਈ ਭੇਜ ਦਿੱਤੀ, ਪਰ ਜਦੋਂ ਉਸ ਸਮੇਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਤੇ ਕੋਈ ਕਾਰਵਾਈ ਨਹੀਂ ਕੀਤੀ ਤਾਂ ਉਨ੍ਹਾਂ ਨੇ 9 ਅਪ੍ਰੈਲ 2021 ਨੂੰ ਆਈਜੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਕੁੰਵਰ ਵਿਜੇ ਪ੍ਰਤਾਪ ਸਿੰਘ ਅਕਸਰ ਆਪਣੀ ਹੀ ਸਰਕਾਰ ਤੇ ਨਿਸ਼ਾਨਾ ਸਾਧਦੇ ਰਹੇ। ਕਦੇ ਵਿਕਾਸ ਦੇ ਮੁੱਦੇ ਤੇ ਅਤੇ ਕਦੇ ਬੇਅਦਬੀ ਦੇ ਮਾਮਲਿਆਂ ਤੇ ਆਪਣੀ ਹੀ ਸਰਕਾਰ ਨੂੰ ਘੇਰਦੇ ਸਨ।