ਦੁਨੀਆ ਦੇ ਸਭ ਤੋਂ ਬਜ਼ੁਰਗ ਐਥਲੀਟ ਅਤੇ ਟਰਬਨ ਟੋਰਨਾਡੋ ਵਜੋਂ ਮਸ਼ਹੂਰ ਫੌਜਾ ਸਿੰਘ (Fauja Singh) ਦਾ ਸੋਮਵਾਰ ਰਾਤ 114 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਜਲੰਧਰ ਵਿੱਚ ਸੈਰ ਕਰਦੇ ਸਮੇਂ ਉਹਨਾਂ ਨੂੰ ਇੱਕ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਉਹਨਾਂ ਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ (hospital) ਲਿਜਾਇਆ ਗਿਆ, ਜਿੱਥੇ ਉਹਨਾਂ ਨੇ ਰਾਤ ਨੂੰ ਆਖਰੀ ਸਾਹ ਲਿਆ।
ਪੁਲਿਸ ਨੇ ਉਹਨਾਂ ਦੇ ਪੁੱਤਰ ਦੀ ਸ਼ਿਕਾਇਤ ‘ਤੇ ਅਣਪਛਾਤੇ ਡਰਾਈਵਰ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਫੌਜਾ ਸਿੰਘ ਆਪਣੇ ਪੁੱਤਰ ਨਾਲ ਬਿਆਸ ਪਿੰਡ ਵਿੱਚ ਰਹਿੰਦਾ ਸੀ। ਉਹਨਾਂ ਦਾ ਅੰਤਿਮ ਸੰਸਕਾਰ ਅੱਜ ਇੱਥੇ ਕੀਤਾ ਜਾਵੇਗਾ। ਫੌਜਾ ਸਿੰਘ ਨੇ 80 ਸਾਲ ਦੀ ਉਮਰ ਵਿੱਚ ਦੌੜਨਾ ਸ਼ੁਰੂ ਕੀਤਾ ਸੀ। ਉਹ 2012 ਲੰਡਨ ਓਲੰਪਿਕ ਵਿੱਚ ਮਸ਼ਾਲਧਾਰੀ ਵੀ ਸਨ।
ਧਾਨ ਮੰਤਰੀ ਨਰਿੰਦਰ ਮੋਦੀ ਨੇ 114 ਸਾਲਾ ਬਜ਼ੁਰਗ ਮੈਰਾਥਨ ਫੌਜਾ ਸਿੰਘ, ਜਿਨ੍ਹਾਂ ਦੀ ਸੋਮਵਾਰ ਨੂੰ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ, ਨੂੰ ਨਿੱਘੀ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਉਹ ਆਪਣੇ ਵਿਲੱਖਣ ਸ਼ਖ਼ਸੀਅਤ ਅਤੇ ਭਾਰਤ ਦੇ ਨੌਜਵਾਨਾਂ ਨੂੰ ਤੰਦਰੁਸਤੀ ਦੇ ਵਿਸ਼ੇ ਬਾਰੇ ਪ੍ਰੇਰਿਤ ਕਰਨ ਦੇ ਤਰੀਕੇ ਕਰਕੇ ਅਸਾਧਾਰਨ ਸਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫੌਜਾ ਸਿੰਘ ਜੀ ਨੇ ਆਪਣੀਆਂ ਲੰਬੀਆਂ ਦੌੜਾਂ ਦੀ ਬਦੌਲਤ ਪੂਰੀ ਦੁਨੀਆ ਵਿਚ ਸਿੱਖ ਕੌਮ ਦਾ ਨਾਂ ਰੌਸ਼ਨ ਕੀਤਾ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਫੌਜਾ ਸਿੰਘ ਜੀ ਹਮੇਸ਼ਾ ਸਾਡੇ ਦਿਲਾਂ ਅਤੇ ਚੇਤਿਆਂ ‘ਚ ਜਿਉਂਦੇ ਰਹਿਣਗੇ।