ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਤਰਨਤਾਰਨ ਦੇ ਝਬਾਲ ਵਿੱਚ ਇੱਕ ਵੱਡੀ ਰੈਲੀ ਦਾ ਆਯੋਜਨ ਕੀਤਾ ਗਿਆ। ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਤਰਨਤਾਰਨ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਤਰਨਤਾਰਨ ਹਲਕੇ ਲਈ ਹੋਣ ਵਾਲੀ ਜ਼ਿਮਨੀ ਚੋਣ ਦੇ ਉਮਦਵਾਰ ਦਾ ਵੀ ਐਲਾਨ ਕਰ ਦਿੱਤਾ। ਸੁਖਬੀਰ ਸਿੰਘ ਬਾਦਲ ਨੇ ਤਰਨਤਾਰਨ ਹਲਕੇ ਦੀ ਜ਼ਿਮਨੀ ਚੋਣ ਲਈ ਸੁਖਵਿੰਦਰ ਕੌਰ ਰੰਧਾਵਾ ਦੇ ਨਾਮ ਦਾ ਐਲਾਨ ਕੀਤਾ ਹੈ।
ਵਿਧਾਨ ਸਭਾ ਹਲਕਾ ਤਰਨਤਾਰਨ ਸੀਟ ਨੂੰ ਹਮੇਸ਼ਾ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤ ਸੀਟ ਵਿੱਚੋਂ ਇੱਕ ਗਿਣਿਆਂ ਜਾਂਦਾ ਹੈ ਪਰ 2022 ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਡਾ. ਕਸ਼ਮੀਰ ਸਿੰਘ ਨੇ ਇੱਥੋਂ ਜਿੱਤ ਦਰਜ ਕੀਤੀ। ਪਿਛਲੇ ਮਹੀਨੇ 27 ਜੂਨ ਨੂੰ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ ਹੋ ਗਿਆ। ਉਹ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਨ੍ਹਾਂ ਦਾ ਇਲਾਜ਼ ਚੱਲ ਰਿਹਾ ਸੀ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ।
ਤਰਨਤਾਰਨ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਆਜ਼ਾਦ ਗਰੁੱਪ ਨਾਲ ਹੱਥ ਮਿਲਾਇਆ ਹੈ। ਜਿਸ ਕਾਰਨ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਆਪਣਾ ਉਮੀਦਵਾਰ ਐਲਾਨਿਆਂ ਹੈ। ਅਕਾਲੀ ਦਲ ਵੱਲੋਂ ਝਬਾਲ ਵਿੱਚ ਕੀਤੀ ਰੈਲੀ ਦੌਰਾਨ ਤਰਨਤਾਰਨ ਜ਼ਿਮਨੀ ਚੋਣ ਲਈ ਤਿਆਰੀਆਂ ਖਿੱਚ ਲਈਆਂ ਗਈਆਂ ਹਨ। ਦੱਸਣ ਯੋਗ ਹੈ ਕਿ ਤਰਨਤਾਰਨ ਨਗਰ ਕੌਂਸਲ ਵਿੱਚ 25 ਵਾਰਡ ਹਨ। ਜਿਨ੍ਹਾਂ ਵਿੱਚੋਂ 8 ਆਜ਼ਾਦ ਗਰੁੱਪ ਦੇ ਕੌਂਸਲਰ ਹਨ ਅਤੇ ਉਨ੍ਹਾਂ ਨੂੰ ਕਈ ਪੰਚਾਂ ਅਤੇ ਸਰਪੰਚਾਂ ਦਾ ਸਮਰਥਨ ਪ੍ਰਾਪਤ ਹੈ।