ਤਿੰਨ ਆਗੂਆਂ ਨੂੰ ਤਨਖਾਹੀਆ ਐਲਾਨਿਆ ਤੇ 15 ਦਿਨਾਂ ਦੇ ਅੰਦਰ ਸਪੱਸ਼ਟੀਕਰਨ ਦੇਣ ਦੇ ਆਦੇਸ਼
(ਸੁਖਰਾਜ ਸਿੰਘ): ਪੰਜ ਸਿੰਘ ਸਾਹਿਬਾਨ ਦੀ ਇੱਕ ਮਹੱਤਵਪੂਰਨ ਇਕੱਤਰਤਾ ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ। ਇਕੱਤਰਤਾ ਦੀ ਅਗਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ, ਜਿਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਤਿੰਨ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਨੇ ਸ਼ਮੂਲੀਅਤ ਕੀਤੀ। ਇਕੱਤਰਤਾ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਨਾਲ ਸਬੰਧਤ ਗੰਭੀਰ ਮਾਮਲਿਆਂ 'ਤੇ ਚਰਚਾ ਕੀਤੀ।
ਪੰਜ ਸਿੰਘ ਸਾਹਿਬਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 19 ਨਵੰਬਰ, 2003 ਨੂੰ ਜਾਰੀ ਕੀਤੇ ਗਏ ਮਤਾ ਨੰਬਰ 1 ਦੀ ਪ੍ਰੋੜ੍ਹਤਾ ਕਰਦਿਆਂ ਇਸ ਦੀ ਰੋਸ਼ਨੀ ਵਿੱਚ ਫੈਸਲਾ ਕੀਤਾ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ 21 ਮਈ, 2025 ਅਤੇ 5 ਜੁਲਾਈ, 2025 ਨੂੰ ਜਾਰੀ ਕੀਤੇ ਗਏ ਹਾਲੀਆ ਪੱਤਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਦੀ ਘੋਰ ਉਲੰਘਣਾ ਮੰਨਿਆ ਗਿਆ। ਪੰਜ ਸਿੰਘ ਸਾਹਿਬਾਨ ਨੇ ਇਨ੍ਹਾਂ ਪੱਤਰਾਂ ਦੀ ਸਖ਼ਤ ਨਿੰਦਾ ਕਰਦਿਆਂ ਇਨ੍ਹਾਂ ਨੂੰ ਪੂਰਨ ਰੂਪ ਵਿੱਚ ਅਪ੍ਰਵਾਨ ਕੀਤਾ ਕਿਉਂਕਿ ਇਹ ਅਣਅਧਿਕਾਰਤ ਅਤੇ ਸਿੱਖ ਰਵਾਇਤ ਵਿਰੋਧੀ ਹਨ, ਜੋ ਕਿ ਸਰਵਉੱਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਣ ਵਾਲੇ ਹਨ।ਅੱਜ ਦੀ ਇਕੱਤਰਤਾ ਵਿੱਚ ਮਤਾ ਪਾਸ ਕੀਤਾ ਗਿਆ ਕਿ ਪੰਜ ਤਖ਼ਤ ਸਾਹਿਬਾਨ ਪਵਿੱਤਰ ਹਨ ਅਤੇ ਦੁਨੀਆ ਭਰ ਦੇ ਸਿੱਖਾਂ ਵਿੱਚ ਡੂੰਘਾ ਸਤਿਕਾਰ ਰੱਖਦੇ ਹਨ, ਪਰ ਗੁਰਮਤਿ ਸਿਧਾਂਤ ਅਨੁਸਾਰ ਪੰਥਕ ਤੇ ਧਾਰਮਿਕ ਮਾਮਲਿਆਂ 'ਤੇ ਅੰਤਿਮ ਫੈਸਲਾ ਸਿਰਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੀ ਮੰਨਿਆ ਜਾਂਦਾ ਹੈ। ਬਾਕੀ ਤਖ਼ਤ ਸਾਹਿਬਾਨ ਨੂੰ ਆਪਣੇ ਸਥਾਨਕ ਮਾਮਲਿਆਂ ਉੱਤੇ ਫ਼ੈਸਲਾ ਕਰਨ ਦਾ ਅਧਿਕਾਰ ਹੈ। ਪੰਜ ਸਿੰਘ ਸਾਹਿਬਾਨ ਨੇ ਐਲਾਨ ਕੀਤਾ ਕਿ ਪੰਥ ਵਿਰੋਧੀ ਤਾਕਤਾਂ ਦੇ ਪ੍ਰਭਾਵ ਹੇਠ ਖ਼ਾਲਸਾ ਪੰਥ ਨੂੰ ਵੰਡਣ ਜਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਕਮਜ਼ੋਰ ਕਰਨ ਵਾਲੇ ਵਿਅਕਤੀਆਂ ਦੇ ਯਤਨਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਹਾਲ ਹੀ ਵਿੱਚ ਕੀਤੀਆਂ ਗਈਆਂ ਵਿਵਾਦਪੂਰਨ ਕਾਰਵਾਈਆਂ ਦਾ ਹਵਾਲਾ ਦਿੰਦੇ ਹੋਏ, ਖਾਸ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਸਬੰਧਤ ਮਾਮਲਿਆਂ ਵਿੱਚ, ਪੰਜ ਸਿੰਘ ਸਾਹਿਬਾਨ ਨੇ ਫੈਸਲਾ ਕੀਤਾ ਕਿ ਲਏ ਗਏ ਫੈਸਲੇ ਗੈਰ-ਸਿਧਾਂਤਕ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਅਧਿਕਾਰ ਖੇਤਰ ਤੋਂ ਬਾਹਰ ਹਨ, ਇਸ ਲਈ, ਇਨ੍ਹਾਂ ਫੈਸਲਿਆਂ ਨੂੰ ਪੂਰੀ ਤਰ੍ਹਾਂ ਅਪ੍ਰਵਾਨ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਭਾਈ ਗੁਰਦਿਆਲ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਦੀ ਉਲੰਘਣਾ ਕਰਨ, ਮੁਖ ਸਾਜ਼ਸ਼ਘਾੜੇ ਵਜੋਂ ਵਿਵਾਦ ਪੈਦਾ ਕਰਨ ਵਿੱਚ ਨਿਰੰਤਰ ਭੂਮਿਕਾ ਲਈ ਤਨਖ਼ਾਹੀਆ ਐਲਾਨਿਆ ਗਿਆ ਹੈ। ਸੰਗਤ ਨੂੰ ਆਦੇਸ਼ ਕੀਤਾ ਗਿਆ ਹੈ ਕਿ ਭਾਈ ਗੁਰਦਿਆਲ ਸਿੰਘ ਨੂੰ ਪੰਥਕ ਸਟੇਜਾਂ ਜਾਂ ਗੁਰਮਤਿ ਸਮਾਗਮਾਂ ਵਿੱਚ ਸੱਦਾ ਦੇਣ ਤੋਂ ਗੁਰੇਜ਼ ਕਰਨ ਜਦੋਂ ਤੱਕ ਉਹ ਅਕਾਲ ਤਖ਼ਤ ਸਾਹਿਬ 'ਤੇ ਨਿੱਜੀ ਤੌਰ 'ਤੇ ਪੇਸ਼ ਹੋ ਕੇ ਮੁਆਫ਼ੀ ਨਹੀਂ ਮੰਗ ਲੈਂਦਾ। ਇਸ ਤੋਂ ਇਲਾਵਾ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਹਰਪਾਲ ਸਿੰਘ ਜੌਹਲ ਅਤੇ ਡਾ. ਗੁਰਮੀਤ ਸਿੰਘ ਨੂੰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਣ ਸਤਿਕਾਰ ਨੂੰ ਚੁਣੌਤੀ ਦੇਣ ਵਾਲੀਆਂ ਮੀਡੀਆ/ਸੋਸ਼ਲ ਮੀਡੀਆ ਬਿਆਨਾਂ ਅਤੇ ਸਾਜ਼ਸ਼ਾਂ ਵਿੱਚ ਸ਼ਾਮਲ ਹੋਣ ਲਈ ਤਨਖਾਹੀਆ ਐਲਾਨਿਆ ਗਿਆ ਹੈ। ਦੋਵਾਂ ਨੂੰ ਨਿੱਜੀ ਤੌਰ 'ਤੇ ਤਖ਼ਤ ਸਾਹਿਬ 'ਤੇ ਪੇਸ਼ ਹੋ ਕੇ ਮੁਆਫ਼ੀ ਮੰਗਣ ਦੇ ਨਿਰਦੇਸ਼ ਦਿੱਤੇ ਗਏ ਹਨ, ਅਤੇ ਜਦੋਂ ਤੱਕ ਇਹ ਪੇਸ਼ ਨਹੀਂ ਹੁੰਦੇ ਇਨ੍ਹਾਂ ਨੂੰ ਮੂੰਹ ਨਾ ਲਗਾਉਣ ਦਾ ਆਦੇਸ਼ ਕੀਤਾ ਗਿਆ ਹੈ।
ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਜਿਨ੍ਹਾਂ ਵਿੱਚ ਪ੍ਰਧਾਨ ਜਗਜੋਤ ਸਿੰਘ ਸੋਹੀ, ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ, ਜੂਨੀਅਰ ਮੀਤ ਪ੍ਰਧਾਨ ਗੁਰਵਿੰਦਰ ਸਿੰਘ, ਜਨਰਲ ਸਕੱਤਰ ਇੰਦਰਜੀਤ ਸਿੰਘ, ਸਕੱਤਰ ਹਰਬੰਸ ਸਿੰਘ, ਅਤੇ ਮੈਂਬਰ ਗੋਬਿੰਦ ਸਿੰਘ ਲੌਂਗੋਵਾਲ, ਰਾਜਾ ਸਿੰਘ ਅਤੇ ਮਹਿੰਦਰਪਾਲ ਸਿੰਘ ਸ਼ਾਮਲ ਹਨ, ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਆਪਣਾ ਪੱਖ ਪੇਸ਼ ਕਰਨ ਲਈ 15 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ। ਜੇਕਰ ਉਹ ਪਾਲਣਾ ਕਰਨ ਵਿੱਚ ਅਸਫਲ ਰਹਿੰਦੇ ਹਨ ਤਾਂ ਪੰਥਕ ਪਰੰਪਰਾਵਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।