ਬੀਜੇਪੀ ਨੇ ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਹਰਜੀਤ ਸਿੰਘ ਸੰਧੂ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਦਾ ਮੰਨਣਾ ਹੈ ਕਿ ਸੰਧੂ ਦੀ ਸਥਾਨਕ ਪਕੜ ਅਤੇ ਸੰਗਠਨ ਵਿੱਚ ਸਰਗਰਮ ਭੂਮਿਕਾ ਚੋਣ ਨਤੀਜਿਆਂ ਵਿੱਚ ਮਹੱਤਵਪੂਰਨ ਸਾਬਤ ਹੋ ਸਕਦੀ ਹੈ। ਰਾਜਨੀਤਿਕ ਹਲਕਿਆਂ ਵਿੱਚ ਇਸ ਫੈਸਲੇ ਨੂੰ ਭਾਜਪਾ ਦੀ ਇੱਕ ਰਣਨੀਤਕ ਚਾਲ ਮੰਨਿਆ ਜਾ ਰਿਹਾ ਹੈ, ਤਾਂ ਜੋ ਇਹ ਰਵਾਇਤੀ ਵੋਟ ਬੈਂਕ ਵਿੱਚ ਦਾਖਲ ਹੋ ਸਕੇ।
ਹੁਣ ਤਰਨਤਾਰਨ ਜ਼ਿਮਨੀ ਚੋਣ ਵਿੱਚ ਮੁਕਾਬਲਾ ਹੋਰ ਵੀ ਦਿਲਚਸਪ ਹੋਣ ਦੀ ਸੰਭਾਵਨਾ ਹੈ, ਕਿਉਂਕਿ ਹੋਰ ਪਾਰਟੀਆਂ ਵੀ ਜਲਦੀ ਹੀ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਸਕਦੀਆਂ ਹਨ।
ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ 2 ਮਹੀਨੇ ਪਹਿਲਾਂ ਦੇਹਾਂਤ ਹੋ ਗਿਆ ਸੀ। ਉਹ ਕੈਂਸਰ ਤੋਂ ਪੀੜਤ ਸਨ। ਜਿਸ ਤੋਂ ਬਾਅਦ ਤਰਨਤਾਰਨ ਸੀਟ ਖਾਲੀ ਹੋਣ ਤੋਂ ਬਾਅਦ ਇੱਥੇ ਜ਼ਿਮਨੀ ਚੋਣਾਂ ਹੋਣੀਆਂ ਹਨ। ਭਾਰਤੀ ਜਨਤਾ ਪਾਰਟੀ ਨੇ ਤਰਨਤਾਰਨ ਵਿੱਚ ਹੋਣ ਵਾਲੀ ਵਿਧਾਨ ਸਭਾ ਉਪ ਚੋਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਨੇ ਸਾਬਕਾ ਮੰਤਰੀ ਸੁਰਜੀਤ ਜਿਆਣੀ ਨੂੰ ਇੰਚਾਰਜ ਨਿਯੁਕਤ ਕੀਤਾ ਹੈ। ਜਦੋਂ ਕਿ ਸਾਬਕਾ ਸੀਪੀਏ ਕੇਡੀ ਭੰਡਾਰੀ ਅਤੇ ਸਾਬਕਾ ਵਿਧਾਇਕ ਰਵੀ ਕਰਨ ਸਿੰਘ ਕਾਹਲੋਂ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਜ਼ਿਮਨੀ ਚੋਣਾਂ ਲਈ ਅਕਾਲੀ ਦਲ ਨੇ ਆਜ਼ਾਦ ਗਰੁੱਪ ਨਾਲ ਹੱਥ ਮਿਲਾ ਲਿਆ ਹੈ ਅਤੇ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਅਕਾਲੀ ਦਲ ਨੇ 25 ਦਿਨ ਪਹਿਲਾਂ ਤਰਨਤਾਰਨ ਵਿੱਚ ਇੱਕ ਰੈਲੀ ਕਰਕੇ ਉਪ ਚੋਣਾਂ ਦੀਆਂ ਤਿਆਰੀਆਂ ਦਾ ਐਲਾਨ ਕੀਤਾ ਸੀ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਰੈਲੀ ਵਿੱਚ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਆਮ ਆਦਮੀ ਪਾਰਟੀ ਦਾ ਹੱਥ ਹੋਣ ਦਾ ਦੋਸ਼ ਲਗਾਇਆ ਸੀ।