ਪੰਜਾਬ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਜਲੰਧਰ ਵਿੱਚ ਵੀ ਜ਼ਿਲ੍ਹਾ ਪ੍ਰਸ਼ਾਸਨ ਨੇ ਵੱਡਾ ਫੈਸਲਾ ਲਿਆ ਹੈ। ਮੌਸਮ ਵਿਭਾਗ ਵੱਲੋਂ ਦਿੱਤੀ ਗਈ ਚੇਤਾਵਨੀ ਤੋਂ ਬਾਅਦ ਜਲੰਧਰ ਵਿੱਚ ਵੀ ਸਕੂਲ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਅੰਮ੍ਰਿਤਸਰ ਅਤੇ ਫਾਜ਼ਿਲਕਾ ਦੇ ਸਕੂਲਾਂ ਵਿੱਚ ਵੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਡੀਸੀ ਨੇ ਕਿਹਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਪੂਰੇ ਪੰਜਾਬ ਵਿੱਚ ਲਗਾਤਾਰ ਭਾਰੀ ਬਾਰਿਸ਼ ਹੋ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਭਾਰੀ ਬਾਰਿਸ਼ ਕਾਰਨ ਕਈ ਸਕੂਲਾਂ ਨੂੰ ਜਾਣ ਵਾਲੀਆਂ ਸੜਕਾਂ ਪਾਣੀ ਵਿੱਚ ਡੁੱਬ ਗਈਆਂ ਹਨ, ਜਿਸ ਕਾਰਨ ਸਕੂਲਾਂ ਵਿੱਚ ਤਾਇਨਾਤ ਸਟਾਫ਼ ਅਤੇ ਬੱਚਿਆਂ ਦਾ ਸਕੂਲ ਆਉਣਾ-ਜਾਣਾ ਬਹੁਤ ਮੁਸ਼ਕਲ ਹੋ ਗਿਆ ਹੈ। ਇਸ ਲਈ ਉਪਰੋਕਤ ਹਾਲਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਜਲੰਧਰ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ 26 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਜਾ ਰਿਹਾ ਹੈ।
ਤੁਹਾਨੂੰ ਦੱਸ ਦੇਈਏ ਕਿ ਹੁਸ਼ਿਆਰਪੁਰ ‘ਚ 2 ਦਿਨ, ਅੰਮ੍ਰਿਤਸਰ ਦੇ ਅਜਨਾਲਾ ‘ਚ ਇੱਕ ਦਿਨ, ਫਾਜ਼ਿਲਕਾ ਚ ਤਿੰਨ ਤੇ ਪਠਾਨਕੋਟ ਜ਼ਿਲ੍ਹਿਆਂ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਹੁਣ ਜਲੰਧਰ ਦੇ ਸਕੂਲਾਂ ਵਿੱਚ ਵੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਸ ਕਾਰਨ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਕੱਲ੍ਹ ਯਾਨੀ 26 ਅਗਸਤ ਨੂੰ ਬੰਦ ਰਹਿਣਗੇ।
ਤੁਹਾਨੂੰ ਦੱਸ ਦੇਈਏ ਕਿ ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਵਿੱਚ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਪ੍ਰਸ਼ਾਸਨ ਨੂੰ ਡਰ ਹੈ ਕਿ ਭਾਰੀ ਬਾਰਿਸ਼ ਕਾਰਨ ਪਾਣੀ ਭਰਨ ਅਤੇ ਹੋਰ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ, ਜਿਸ ਕਾਰਨ ਸਕੂਲ ਜਾਣ ਵਾਲੇ ਬੱਚਿਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ, ਡੀਸੀ ਨੇ ਬੱਚਿਆਂ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੰਦੇ ਹੋਏ ਛੁੱਟੀ ਦਾ ਐਲਾਨ ਕੀਤਾ ਹੈ।