ਜੰਮੂ ਕਸ਼ਮੀਰ ਦੇ ਕੁਲਗਾਮ ਦੇ ਅਖਲ ਜੰਗਲ ’ਚ ਭਾਰਤੀ ਫੌਜ ਵੱਲੋਂ ਦਹਿਸ਼ਤਗਰਦਾਂ ਖ਼ਿਲਾਫ਼ ਚਲਾਏ ਜਾ ਰਹੇ ਆਪਰੇਸ਼ਨ ਸ਼ਹੀਦ ਹੋਏ ਸਮਰਾਲਾ ਦੇ ਨੇੜਲੇ ਪਿੰਡ ਮਾਨੂੰਪੁਰ ਦੇ ਫੌਜੀ ਜਵਾਨ ਪ੍ਰਿਤਪਾਲ ਸਿੰਘ ਦਾ ਅੱਜ ਪਿੰਡ ’ਚ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ।
ਇਸ ਤੋਂ ਪਹਿਲਾਂ ਅੱਜ ਲਾਂਸ ਨਾਇਕ ਪ੍ਰਿਤਪਾਲ ਸਿੰਘ (29) ਦੀ ਮ੍ਰਿਤਕ ਦੇਹ ਉਨ੍ਹਾਂ ਦੇ ਜੱਦੀ ਪਿੰਡ ਮਾਨੂੰਪੁਰ ਲਿਆਂਦੀ ਗਈ ਤਾਂ ਪਿੰਡ ਵਿਚ ਪਹੁੰਚੀ ਤਾਂ ਸੋਗ ਦੀ ਲਹਿਰ ਦੌੜ ਗਈ। ਇਸ ਮਗਰੋਂ ਲਾਂਸ ਨਾਇਕ ਪ੍ਰਿਤਪਾਲ ਸਿੰਘ ਦਾ ਅੰਤਿਮ ਸੰਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਜਿਥੇ ਫੌਜ ਦੀ ਟੁਕੜੀ ਨੇ ਸ਼ਹੀਦ ਨੂੰ ਸਲਾਮੀ ਦਿੱਤੀ।
ਇਸ ਮੌਕੇ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਉਪ ਮੰਡਲ ਮੈਜਿਸਟਰੇਟ ਰਜਨੀਸ਼ ਅਰੋੜਾ ਅਤੇ ਐੱਸ.ਪੀ (ਹੈਡਕੁਆਰਟਰ) ਖੰਨਾ ਤੇਜਵੀਰ ਸਿੰਘ ਹੁੰਦਲ ਨੇ ਸ਼ਹੀਦ ਪ੍ਰਿਤਪਾਲ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪਰਿਵਾਰ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਇਸ ਸ਼ਹੀਦ ਨੇ ਆਪਣੀ ਡਿਊਟੀ ਪੂਰੀ ਬਹਾਦਰੀ ਤੇ ਲਗਨ ਨਾਲ ਨਿਭਾਈ ਅਤੇ ਸ਼ਹੀਦ ਦੀ ਕੁਰਬਾਨੀ ਨੌਜਵਾਨਾਂ ਨੂੰ ਹਮੇਸ਼ਾ ਪ੍ਰੇਰਨਾ ਦਿੰਦੀ ਰਹੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਪਰਿਵਾਰ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
ਉਪ ਮੰਡਲ ਮੈਜਿਸਟਰੇਟ ਰਜਨੀਸ਼ ਅਰੋੜਾ ਨੇ ਸ਼ਹੀਦ ਪ੍ਰਿਤਪਾਲ ਸਿੰਘ ਦੀ ਧਰਮ ਪਤਨੀ ਮਨਪ੍ਰੀਤ ਕੌਰ, ਪਿਤਾ ਹਰਬੰਸ ਸਿੰਘ, ਮਾਤਾ ਅਤੇ ਭਰਾਵਾਂ ਨਾਲ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਹਮੇਸ਼ਾ ਪਰਿਵਾਰ ਦੀ ਮਦਦ ਲਈ ਤਤਪਰ ਰਹੇਗਾ। ਇਸ ਮੌਕੇ ਰਾਜਨੀਤਕ, ਸਮਾਜਿਕ ਅਤੇ ਧਾਰਮਿਕ ਸ਼ਖਸ਼ੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਅਤੇ ਸਾਕ ਸਬੰਧੀ ਵੀ ਹਾਜ਼ਰ ਸਨ।