ਪੰਜਾਬ ਇਸ ਵੇਲੇ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ। ਸੂਬੇ ਦੇ ਕਈ ਪਿੰਡਾਂ ਵਿਚੋਂ ਹੜ੍ਹ ਪ੍ਰਭਾਵਿਤ ਲੋਕਾਂ ਦੇ ਰੈਸਕਿਊ ਦਾ ਕੰਮ ਜਾਰੀ ਹੈ ਤੇ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਨੂੰ ਮਦਦ ਪਹੁੰਚਾਈ ਜਾ ਰਹੀ ਹੈ। ਇਸ ਵੇਲੇ ਪੰਜਾਬ ਲੋਕਾਂ ਦੀ ਮਦਦ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਕੈਬਨਿਟ ਦੇ ਸਾਰੇ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਮਿਲ ਕੇ ਸੂਬੇ ਵਿੱਚ ਹੜ੍ਹ ਰਾਹਤ ਕਾਰਜਾਂ ਲਈ ਇੱਕ ਮਹੀਨੇ ਦੀ ਤਨਖਾਹ ਦਾਨ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਕੁਦਰਤ ਦੀ ਮਾਰ ਅੱਗੇ ਕਿਸੇ ਦਾ ਕੋਈ ਜ਼ੋਰ ਨਹੀਂ, ਪਰ ਆਪਾਂ ਰਲ ਮਿਲ ਕੇ ਇਸ ਔਖੀ ਘੜੀ ਵਿਚ ਇੱਕ-ਦੂਜੇ ਨਾਲ ਖੜ੍ਹੀਏ। ਮੈਂ ਅਤੇ ਸਾਡੇ ਸਾਰੇ ਮੰਤਰੀ ਸਾਹਿਬਾਨਤੇ ਵਿਧਾਇਕ ਆਪਣੀ ਇੱਕ ਮਹੀਨੇ ਦੀ ਤਨਖਾਹ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਅਤੇ ਰਾਹਤ ਕਾਰਜਾਂ ਲਈ ਦੇ ਰਹੇ ਹਾਂ। ਸਾਡੀ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਲੋਕਾਂ ਦੇ ਨਾਲ ਖੜ੍ਹੇ ਹਨ. ਪਰਮਾਤਮਾ ਅੱਗੇ ਅਰਦਾਸ, ਜਲਦ ਸਾਰੇ ਹਾਲਾਤ ਠੀਕ ਹੋਣਗੇ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਚੁਣੇ ਹੋਏ ਨੁਮਾਇੰਦਿਆਂ ਦਾ ਇਹ ਸਮੂਹਿਕ ਯੋਗਦਾਨ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਅਤੇ ਏਕਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਅਤੇ ਪ੍ਰਸ਼ਾਸਨ ਹੜ੍ਹ ਪ੍ਰਭਾਵਿਤ ਵਿਅਕਤੀਆਂ ਨੂੰ ਹਰ ਲੋੜੀਂਦੀ ਸਹਾਇਤਾ ਅਤੇ ਪੁਨਰਵਾਸ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹਨ।