ਦੇਸ਼ ਦੇ ਕਈ ਸੂਬੇ ਵਿੱਚ ਇਸ ਭਾਰੀ ਮੀਂਹ ਕਾਰਨ ਹਾਲਾਤ ਬਿਗੜ ਗਏ ਹਨ। ਖਾਸ ਕਰਕੇ ਪੰਜਾਬ ਵਿੱਚ ਹਾਲਾਤ ਬਹੁਤ ਖ਼ਰਾਬ ਹਨ। ਪੰਜਾਬ ਦੇ 23 ਜਿਲ੍ਹੇ ਇਸ ਵੇਲੇ ਹੜ੍ਹਾਂ ਦੀ ਕਹਿਰ ਕਾਰਨ ਪਾਣੀ ਵਿੱਚ ਡੁੱਬੇ ਹੋਏ ਹਨ। ਹੁਣ ਤੱਕ ਸੂਬੇ ਵਿੱਚ ਹੜ੍ਹਾਂ ਕਾਰਨ 46 ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸ ਤੋਂ ਇਲਾਵਾ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ ਅਤੇ ਲਗਭਗ 2 ਹਜ਼ਾਰ ਪਿੰਡ ਹੜ੍ਹਾਂ ਦੀ ਲਪੇਟ ਵਿੱਚ ਹਨ। ਦੱਸ ਦਈਏ ਕਿ ਪੰਜਾਬ ਵਿੱਚ ਕਿਸਾਨਾਂ ਦੀ 1 ਲੱਖ 74 ਹਜ਼ਾਰ ਹੈਕਟੇਅਰ ਲੱਗੀ ਫਸਲ ਪੂਰੀ ਤਰ੍ਹਾਂ ਨਾਲ ਨੁਕਸਾਨੀ ਗਈ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ 9 ਸਤੰਬਰ ਨੂੰ ਦੌਰਾ ਕਰਨਗੇ। ਉਹ ਗੁਰਦਾਸਪੁਰ ਪਹੁੰਚ ਕੇ ਹਾਲਾਤ ਦੇਖਣਗੇ। ਉਮੀਦ ਜਤਾਈ ਜਾ ਰਹੀ ਹੈ ਕਿ ਪ੍ਰਧਾਨ ਮੰਤਰੀ ਮੋਦੀ ਇਸ ਦੌਰੇ ਦੌਰਾਨ ਪੰਜਾਬ ਲਈ ਕਿਸੇ ਵੱਡੇ ਪੈਕੇਜ ਐਲਾਨ ਕਰ ਸਕਦੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੜ੍ਹ ਪੀੜਤਾਂ ਲਈ ਆਰਥਿਕ ਪੈਕੇਜ ਜਾਂ ਮੁਆਵਜ਼ੇ ਦਾ ਐਲਾਨ ਵੀ ਕਰ ਸਕਦੇ ਹਨ।
26 ਅਗਸਤ ਤੋਂ ਪੰਜਾਬ ਹੜ੍ਹਾਂ ਦੀ ਮਾਰ ਝੇਲ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਮੀਂਹ ਕਾਰਨ ਸੂਬੇ ਦੇ 2 ਹਜ਼ਾਰ ਤੋਂ ਵੱਧ ਪਿੰਡ ਪੂਰੀ ਤਰ੍ਹਾਂ ਡੁੱਬ ਗਏ ਹਨ। ਪਿੰਡਾਂ ਦੇ ਲੋਕਾਂ ਨੂੰ ਦੂਜੀ ਥਾਂ ‘ਤੇ ਸ਼ਿਫਟ ਕਰ ਦਿੱਤਾ ਗਿਆ ਹੈ। ਹੜ੍ਹਾਂ ਕਾਰਨ ਸੂਬੇ ਭਰ ਵਿੱਚ 2 ਲੱਖ ਹੈਕਟੇਅਰ ਤੋਂ ਵੱਧ ਦੀ ਫਸਲ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ। ਜੇਕਰ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਸੂਬੇ ਨੂੰ ਹੁਣ ਤੱਕ 10 ਹਜ਼ਾਰ ਕਰੋੜ ਤੋਂ ਵੱਧ ਦਾ ਨੁਕਸਾਨ ਹੋਇਆ ਹੈ।