ਪੰਜਾਬ ਦੇ ਸਨੌਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਬਲਾਤਕਾਰ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਕਾਰਵਾਈ ਇੱਕ ਔਰਤ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ, ਜਿਸ ‘ਚ ਵਿਧਾਇਕ ‘ਤੇ ਗੰਭੀਰ ਦੋਸ਼ ਲਗਾਏ ਗਏ ਹਨ। ਹਰਮੀਤ ਸਿੰਘ ਪਠਾਨਮਾਜਰਾ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ‘ਚ ਸਨੌਰ ਸੀਟ ਤੋਂ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ ਸੀ।
ਉੱਥੇ ਹੀ ਵਿਧਾਇਕ ਪਠਾਣਮਾਜਰਾ ਦੇ ਵਕੀਲ ਨੇ ਦੱਸਿਆ ਕਿ ਇਹ ਐਫਆਈਆਰ ਦਰਜ ਬੀਤੇ ਦਿਨ ਯਾਨੀ 1 ਸਤੰਬਰ ਨੂੰ ਕੀਤੀ ਗਈ। ਉਨ੍ਹਾਂ ਨੇ ਕਿਹਾ ਇਹ ਐਫਆਈਆਰ 2014 ਦਰਖ਼ਾਸਤ ਮਾਮਲੇ ‘ਚ ਦਰਜ ਕੀਤੀ ਗਈ ਹੈ। ਉਨ੍ਹਾਂ ਦੇ ਵਕੀਲ ਨੇ ਸ਼ਿਕਾਇਤ ਕਰਤਾ ਮਹਿਲਾ ‘ਤੇ ਵੀ ਕਈ ਇਲਜ਼ਾਮ ਲਗਾਏ ਹਨ। ਉਨ੍ਹਾਂ ਦਾ ਕਹਿਣਾ ਹੈ ਮਹਿਲਾ ਖਿਲਾਫ਼ ਕਈ ਕੇਸ ਦਰਜ ਹਨ ਤੇ 10 ਦਿਨ ਲਈ ਜੇਲ੍ਹ ਵੀ ਜਾ ਚੁੱਕੀ ਹੈ।
ਦੱਸ ਦੇਈਏ ਸੱਤਾਧਾਰੀ ਪਾਰਟੀ ਦੇ ਵਿਧਾਇਕ ਪਠਾਨਮਾਜਰਾ ਪਹਿਲਾਂ ਵੀ ਵਿਵਾਦਾਂ ‘ਚ ਰਹੇ ਹਨ। 2022 ‘ਚ, ਉਨ੍ਹਾਂ ਦੀ ਦੂਜੀ ਪਤਨੀ ਗੁਰਪ੍ਰੀਤ ਕੌਰ ਨੇ ਉਨ੍ਹਾਂ ‘ਤੇ ਆਪਣੇ ਪਹਿਲੇ ਵਿਆਹ ਨੂੰ ਛੁਪਾਉਣ ਤੇ ਕੁੱਟਮਾਰ ਦਾ ਇਲਜ਼ਾਮ ਲਗਾਇਆ ਸੀ। ਇਸ ਤੋਂ ਇਲਾਵਾ, ਇੱਕ ਕਥਿਤ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਹ ਸੁਰਖੀਆਂ ‘ਚ ਵੀ ਰਹੇ।
ਹਾਲ ਹੀ ‘ਚ, ਪਠਾਨਮਾਜਰਾ ਨੇ ਆਪਣੀ ਹੀ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਅਤੇ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਬਿਆਨ ਦਿੱਤੇ ਸਨ। ਉਨ੍ਹਾਂ ਨੇ ਆਪਣੇ ਹੜ੍ਹ ਪ੍ਰਭਾਵਿਤ ਖੇਤਰ ਦੀਆਂ ਸਮੱਸਿਆਵਾਂ ਉਠਾਈਆਂ ਅਤੇ ਨਦੀ ਦੀ ਸਫਾਈ ਦੇ ਮੁੱਦੇ ‘ਤੇ ਸੀਨੀਅਰ ਅਧਿਕਾਰੀਆਂ ਦੀ ਆਲੋਚਨਾ ਕੀਤੀ। ਇਸ ਤੋਂ ਬਾਅਦ, ਸੋਮਵਾਰ ਨੂੰ, ਪਠਾਨਮਾਜਰਾ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਉਨ੍ਹਾਂ ਕਿਹਾ ਕਿ ਉਹ ਇਸ ਕਾਰਵਾਈ ਦੀ ਉਮੀਦ ਕਰ ਰਹੇ ਸਨ।