ਬਰਨਾਲਾ, 10 ਸਤੰਬਰ (ਧਰਮਪਾਲ ਸਿੰਘ): ਥਾਣਾ ਰੂੜੇਕੇ ਕਲਾਂ ਵਿਖੇ ਸਬ ਇੰਸਪੈਕਟਰ ਗੁਰਪਾਲ ਸਿੰਘ ਨੇ ਇੰਚਾਰਜ ਵਜੋਂ ਅਹੁਦਾ ਸੰਭਾਲ ਲਿਆ ਹੈ | ਅਹੁਦਾ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਥਾਣਾ ਮੁਖੀ ਗੁਰਪਾਲ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਮੁਹੰਮਦ ਸਰਫ਼ਰਾਜ਼ ਆਲਮ, ਐਸ.ਪੀ (ਡੀ) ਸ੍ਰੀ ਅਸੋਕ ਕੁਮਾਰ, ਐਸ.ਪੀ (ਐਚ) ਦੇ ਦਿਸਾ-ਨਿਰਦੇਸ਼ਾਂ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਅਤੇ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਂ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਥਾਣੇ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਮੀਟਿੰਗਾਂ ਕਰਕੇ ਜਾਗਰੂਕ ਕੀਤਾ ਜਾਵੇਗਾ। ਉਹਨਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਕਿਹਾ ਕਿ ਉਹ ਪੁਲਿਸ ਦਾ ਸਹਿਯੋਗ ਵੱਧ ਤੋਂ ਵੱਧ ਦੇਣ ਤਾਂ ਜੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਸਕੇ । ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ਾ ਖਤਮ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਚੋਰੀ ਦੀਆਂ ਘਟਨਾਵਾਂ ਰੋਕਣ ਲਈ ਵੀ ਪੁਲਿਸ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ ਅਤੇ ਸਮੇਂ ਸਿਰ ਨਾਕਾਬੰਦੀ ਕਰਕੇ ਵੀ ਵਹੀਕਲਾਂ ਦੀ ਬਰੀਕੀ ਨਾਲ ਚੈਕਿੰਗ ਵੀ ਕੀਤੀ ਜਾਵੇਗੀ। ਥਾਣਾ ਮੁਖੀ ਨੇ ਕਿਹਾ ਕਿ ਥਾਣੇ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਕਲੱਬਾਂ ਅਤੇ ਮੋਹਤਬਰ ਵਿਅਕਤੀਆਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ ।